To protect from Corona virus beneficiaries get dose of Covid vaccine figure crossed 04 lakh
ਕਰੋਨਾ ਵਾਇਰਸ ਤੋਂ ਬਚਾਅ ਲਈ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਡੋਜ਼ ਲਗਾਉਣ ਦਾ ਅੰਕੜਾ 04 ਲੱਖ ਤੋਂ ਪਾਰ ਪਹੁੰਚਿਆ
ਵੈਕਸੀਨੇਸ਼ਨ ਕੈਂਪਾਂ ਦੌਰਾਨ 2777 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1501 ਸੈਂਪਲ ਹੋਰ
ਤਰਨ ਤਾਰਨ, 27 ਅਗਸਤ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਡੋਜ਼ ਲਗਾਉਣ ਦਾ ਅੰਕੜਾ 04 ਲੱਖ ਤੋਂ ਪਾਰ ਪਹੁੰਚ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ 3,23,845 ਵਿਅਕਤੀਆਂ ਨੂੰ 4,02,137 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 2777 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1501 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 394 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 26 ਅਗਸਤ ਨੂੰ ਭੇਜੇ ਗਏ 1104 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8003 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7619 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,43,094 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,33,935 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1494 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 08 ਰਹਿ ਗਈ ਹੈ, ਜਿੰਨਾਂ ਵਿੱਚੋਂ 06 ਮਰੀਜ਼ਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।