Under “Mission Fateh” various departments will be made aware of the precautionary measures to be taken against the Covid-19 epidemic – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਹਿ” ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ
ਜਿਲਾ ਵਾਸੀਆਂ ਨੂੰ ਚੌਕਸ ਕਰਨ ਲਈ ਸਾਰੇ ਵਿਭਾਗਾਂ ਵੱਲੋਂ ਕੀਤੀ ਜਾਵੇਗੀ ਹਰੇਕ ਘਰ ਤੱਕ ਪਹੁੰਚ
28 ਜੂਨ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸਰਪੰਚਾਂ, ਪੰਚਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿੱਚ ਭਾਗ ਲੈ ਕੇ ਪਿੰਡਾਂ ਤੱਕ ਪਹੁੰਚ ਕਰਨ ਦੀ ਕੀਤੀ ਹਦਾਇਤ
ਤਰਨ ਤਾਰਨ, 27 ਜੂਨ :
ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ “ਮਿਸ਼ਨ ਫਤਿਹ” ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਨੂੰ ਜਿੰਮੇਵਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਮੁਖੀਆ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਖਤਰੇ ਤੋਂ ਬਚਾਅ ਲਈ ਜਿਲਾ ਵਾਸੀਆਂ ਨੂੰ ਚੌਕਸ ਕਰਨ ਲਈ ਸਾਰੇ ਵਿਭਾਗਾਂ ਵੱਲੋਂ ਹਰੇਕ ਘਰ ਤੱਕ ਪਹੁੰਚ ਕੀਤੀ ਜਾਵੇ।
ਉਨਾਂ ਕਿਹਾ ਕਿ ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਪਿੰਡ, ਹਰ ਸ਼ਹਿਰ ਅਤੇ ਹਰੇਕ ਘਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ “ਮਿਸ਼ਨ ਫਤਿਹ” ਤਹਿਤ ਇਸ ਮਹਾਂਮਾਰੀ ਤੇ ਨੂੰ ਹਰਾ ਕੇ ਲੋਕਾਂ ਦੇ ਸਹਿਯੋਗ ਨਾਲ ਇਸ ਵਿਸ਼ਵ ਵਿਆਪੀ ਮਹਾਂਮਾਰੀ ‘ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ “ਮਿਸ਼ਨ ਫਤਿਹ” ਤਹਿਤ ਡੋਰ ਟੂ ਡੋਰ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਇਲਾਕਾ ਕਵਰ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ ਅਤੇ ਹਰ ਵਾਰਡ ਕਵਰ ਹੋਣਾ ਲਾਜ਼ਮੀ ਹੈ ਤਾਂ ਜੋ ਲੋਕ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾ ਸਕਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਹੋ ਸਕਣ।
ਉਨਾਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ 28 ਜੂਨ 2020 ਨੂੰ ਸਰਪੰਚਾਂ, ਪੰਚਾਂ, ਪ੍ਰਚਾਰ ਵਹੀਕਲਾਂ ਅਤੇ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿਚ ਭਾਗ ਲੈ ਕੇ ਪਿੰਡਾਂ ਤੱਕ ਪਹੁੰਚ ਕਰਨ। ਉਨਾਂ ਕਿਹਾ ਕਿ ਇਸੇ ਤਰਾਂ ਤਕਨੀਕੀ ਸਿੱਖਿਆ ਵਿਭਾਗ ਵੱਲੋਂ 29 ਜੂਨ ਨੂੰ, ਉੱਚ ਸਿੱਖਿਆ ਵਿਭਾਗ ਵੱਲੋਂ 30 ਜੂਨ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 1 ਜੁਲਾਈ 2020 ਨੂੰ ਜ਼ਿਲੇ ਦੇ ਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 2 ਜੁਲਾਈ 2020 ਨੂੰ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਡੋਰ ਟੂ ਡੋਰ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ 3 ਜੁਲਾਈ 2020 ਨੂੰ ਸਿਹਤ ਵਿਭਾਗ ਵੱਲੋਂ ਇਕ ਰੋਜ਼ਾ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਖੇਡ ਅਤੇ ਯੁਵਕ ਸੇਵਾਵਾ ਵੱਲੋਂ ਸਪੈਸ਼ਲ ਇਕ ਰੋਜ਼ਾ ਪ੍ਰੋਗਰਾਮ ਯੂਥ ਕਲੱਬਾਂ ਅਤੇ ਯੂਥ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ 4 ਜੁਲਾਈ ਨੂੰ ਕੀਤਾ ਜਾਵੇਗਾ, ਜਿਸ ਵਿਚ ਜ਼ਿਲਾ ਵਾਸੀਆਂ ਨੂੰ “ਮਿਸ਼ਨ ਫਤਿਹ” ਦਾ ਸੁਨੇਹਾ ਦਿੰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਸਹਿਕਾਰੀ ਵਿਭਾਗ ਵੱਲੋਂ 5 ਜੁਲਾਈ 2020 ਨੂੰ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਭਾਗ ਇਸ ਮੁਹਿੰਮ ਨੂੰ ਹਰ 15 ਦਿਨਾਂ ਬਾਅਦ ਦੁਹਰਾਵੇਗਾ ਤਾਂ ਜੋ ਕੋਈ ਵੀ ਘਰ ਇਸ ਜਾਗਰੂਕਤਾ ਮੁਹਿੰਮ ਤੋਂ ਵਾਂਝਾ ਨਾ ਰਹੇ ਅਤੇ ਅਸੀਂ ਸਾਰੇ ਨਾਗਰਿਕ ਮਿਲ ਕੇ ਕੋਰੋਨਾ ਵਾਇਰਸ ਦੀ ਇਸ ਭਿਆਨਕ ਮਹਾਂਮਾਰੀ ‘ਤੇ ਫਤਿਹ ਪਾ ਸਕੀਏ।
—————