• Social Media Links
  • Site Map
  • Accessibility Links
  • English
Close

We will make Punjab the number one state in the country in the field of education – Manish Sisodia, Harjot Singh Bains

Publish Date : 19/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ-ਮਨੀਸ਼ ਸਿਸੋਦੀਆ, ਹਰਜੋਤ ਸਿੰਘ ਬੈਂਸ
ਸਿੱਖਿਆ ਮੰਤਰੀ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ਦੀ ਘੱਟ ਤੇ ਫਰਜ਼ੀ ਹਾਜ਼ਰੀ ਦਾ ਲਿਆ ਸਖਤ ਨੋਟਿਸ
ਸਿੱਖਿਆ ਦੇ ਮਿਆਰ ਨੂੰ ਸੁਧਾਰ ਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਾਂਗੇ-ਸਿੱਖਿਆ ਮੰਤਰੀ ਪੰਜਾਬ
ਕੰਪਿਊਟਰ ਵਿਸ਼ੇ ਨੰੁ ਨਵੀਂ ਤਕਨਾਲੋਜੀ ਨਾਲ ਜੋੜ ਕੇ ਪੜਾਉਣ ‘ਤੇ ਦਿੱਤਾ ਜ਼ੋਰ
ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ
ਤਰਨ ਤਾਰਨ, 16 ਦਸੰਬਰ :
ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਦੀ ਸਕੂਲ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਬੀਤੇ ਕੱਲ੍ਹ ਤੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਸਮੇਤ ਉੱਚ ਸਿੱਖਿਆ ਅਧਿਕਾਰੀਆਂ ਦੀ ਟੀਮ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰ ਰਹੀ ਹੈ।
ਅੱਜ ਦੇ ਦੌਰੇ ਦੌਰਾਨ ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਵੱਲੋਂ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਕਾਰੀ ਮਿਡਲ ਸਕੂਲ ਉਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਵਿੱਚ ਜਾ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਿੱਖਿਆ ਸੁਧਾਰਾਂ ਸਬੰਧੀ ਸੁਝਾਅ ਲਏ।ਇਸ ਦੌਰਾਨ ਸ੍ਰੀ ਸਿਸੋਦੀਆ ਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਦੀ ਇਮਾਰਤ ਤੇ ਵਿੱਦਿਅਕ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ।
ਇਸ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਸਕੂਲ ਦੇ ਵਿਦਿਆਰਥੀਆਂ ਦੀ ਘੱਟ ਅਤੇ ਫਰਜ਼ੀ ਹਾਜ਼ਰੀ ਦਾ ਸਖਤ ਨੋਟਿਸ ਲੈਂਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਤੇ ਡਾਇਰੈਕਟਰ ਸੈਕੰਡਰੀ ਸਿੱਖਿਆ ਨੰੁ ਆਦੇਸ਼ ਦਿੱਤੇ ਕਿ ਤੁਰੰਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਸਿੱਖਿਆ ਮੰਤਰੀ ਨੇ ਇਹ ਵੀ ਨੋਟਿਸ ਲਿਆ ਕਿ ਸਕੂਲ ਵਿਖੇ ਦੋ ਕੰਪਿਊਟਰ ਲੈਬਾਂ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਿਰਫ਼ ਕੰਪਿਊਟਰ ਵਿਸ਼ੇ ਦੀ ਕਿਤਾਬਾਂ ਪੜ੍ਹਾ ਕੇ ਹੀ ਕੰਮ ਚਲਾਇਆ ਜਾ ਰਿਹਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।ਉਹਨਾਂ ਇਹ ਵੀ ਦੱਸਿਆ ਕਿ ਇਲੈਟ੍ਰੀਕਲ ਤੇ ਵੋਕੇਸ਼ਨਲ ਵਿਸ਼ੇ ਦੀ ਵੀ ਸਿਰਫ਼ ਕਿਤਾਬੀ ਪੜ੍ਹਾਈ ਕਰਵਾਈ ਜਾ ਰਹੀ ਹੈ, ਜਦੋਂਕਿ ਪਿਛਲੇ ਕਈ ਸਾਲਾਂ ਤੋਂ ਕਿਸੇ ਸਰਕਾਰ ਜਾਂ ਪ੍ਰਸ਼ਾਸਨ ਨੇ ਇਹਨਾਂ ਦੀਆਂ ਵਰਕਸ਼ਾਪਾਂ ਬਣਾਉਣ ਦੀ ਕੋਸ਼ਿਸ ਨਹੀਂ ਕੀਤੀ।
ਸ੍ਰ. ਬੈਂਸ ਨੇ ਦੱਸਿਆ ਕਿ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਦੀਆਂ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਕੋਲ ਬੈਠਣ ਲਈ ਡੈਸਕ ਵੀ ਨਹੀਂ ਸਨ ਅਤੇ ਨਾ ਹੀ ਸਕੂਲ ਵਿਖੇ ਚੱਲ ਰਹੇ ਸਪੋਰਟਸ ਵਿੰਗ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਹਨ।ਇਸ ਸਬੰਧ ਵਿੱਚ ਸਿੱਖਿਆ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਵਿਦਿਆਰਥੀਆਂ ਨੂੰ ਬੈਠਣ ਲਈ ਡੈਸਕ ਉਪਲੱਬਧ ਕਰਵਾਏ ਜਾਣ ਅਤੇ ਸਪੋਰਟਸ ਵਿੰਗ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ।
ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ।
ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ, ਡੀ. ਪੀ. ਆਈ. ਸ: ਤੇਜਦੀਪ ਸਿੰਘ ਸੈਣੀ, ਦਿੱਲੀ ਤੋਂ ਵਿਧਾਇਕਾ ਸ਼੍ਰੀਮਤੀ ਆਤਿਸ਼ੀ ਅਤੇ ਸਟੇਟ ਮੀਡੀਆ ਇੰਚਾਰਜ ਸ: ਗੁਰਮੀਤ ਸਿੰਘ ਬਰਾੜ ਸਮੇਤ ਸਬੰਧਿਤ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।